ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

voice punjabtime
2 Min Read

 

ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ।
ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ। ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com, ਤੇ ਅਰਜੀਆਂ ਦੀ ਮੰਗ ਕੀਤੀ ਹੈ। ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com ਰਾਹੀਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਅਰਜੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਦਿੱਤੀਆਂ ਜਾ ਸਕਦੀਆਂ ਹਨ।
ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ, ਪੈਡੀ ਸਟਰਾ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਉਲਟਾਵੇਂ ਪਲਾਓ ਆਦਿ ਸ਼ਾਮਿਲ ਹਨ।
ਉਹਨਾਂ ਅੱਗੇ ਦੱਸਿਆ ਕਿ ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਵਿਭਾਗ ਵੱਲੋਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 12 ਮਈ 2025 ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ ਤੇ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Share This Article
Leave a comment

Leave a Reply

Your email address will not be published. Required fields are marked *