ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਲਈ ਆਈ.ਐਸ.ਐਫ. ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ 2 ਮਈ ਨੂੰ-ਡਿਪਟੀ ਕਮਿਸ਼ਨਰ  

voice punjabtime
3 Min Read

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ 2 ਮਈ,   ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ. ਸਵਾਤੀ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਜਿਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹਨਾਂ ਕਮੇਟੀਆਂ ਦੇ ਮੈਂਬਰ ਸਾਹਿਬਾਨਾਂ ਵੱਲੋਂ ਆਪਣੇ ਪਿਡਾਂ ਅਤੇ ਵਾਰਡਾਂ ਵਿੱਚ ਰੈਲੀਆਂ ਦੇ ਰੂਪ ਵਿੱਚ ਨਸ਼ਿਆਂ ਵਰਗੀ ਲਾਅਨਤ ਤੋਂ ਦੂਰ ਰਹਿਣ ਦਾ ਹਰ ਘਰ ਸੁਨੇਹਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਗ ਜਿੰਦਗੀ ਜਿਉਣ ਲਈ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਮੁੜ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਾਰਗਰ ਸਾਬਿਤ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ 2 ਮਈ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੁਨੇਹਾ ਦਿੱਤਾ। ਉਹਨਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖਿਲਾਫ ਰਾਜ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਮੱਠ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਦੀ ਇਹ ਨੈਤਿਕ ਜਿੰਮੇਵਾਰੀ ਹੈ ਕਿ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰਹਿਣ ਲਈ ਆਪਣੇ ਆਲੇ ਦੁਆਲੇ ਹਰੇਕ ਵਿਅਕਤੀ ਨੂੰ ਜਾਗਰੂਕ ਕਰਨ। ਉਹਨਾਂ ਦੱਸਿਆ ਕਿ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਪੱਧਰ ਤੇ 7 ਮਈ, 2025 ਤੋਂ ਪਿੰਡਾਂ, ਵਾਰਡਾਂ, ਸ਼ਹਿਰਾਂ ਵਿੱਚ ਜਾ ਕੇ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿਖੇ ਜੇਕਰ ਕੋਈ ਵਿਅਕਤੀ ਨਸ਼ਾ ਪੀੜਤ ਹੈ ਤਾਂ ਉਸ ਨੂੰ ਸਮਾਜਿਕ ਡਰ ਜਾਂ ਸ਼ਰਮ ਛੱਡ ਕੇ ਆਪਣਾ ਇਲਾਜ ਕਰਵਾਉਣ ਲਈ ਜਰੂਰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਪ੍ਰਸ਼ਾਸਨ ਅਤੇ ਪੁਲਿਸ ਨੇ ਇਲਾਜ ਸੁਵਿਧਾਵਾਂ ਪੱਖੋਂ ਬਿਹਤਰੀਨ ਪ੍ਰਬੰਧ ਕੀਤੇ ਹੋਏ ਹਨ।  ਉਹਨਾਂ ਦੱਸਿਆ ਕਿ ਹਰੇਕ ਵਿਭਾਗ ਦੇ ਅਧਿਕਾਰੀ ਆਪਣੇ ਦਫਤਰਾਂ ਵਿੱਚ 2 ਮਈ, 2025 ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦਾ ਪ੍ਰਣ ਵੀ ਲੈਣਗੇ।   ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਰੀ ਨਾਲ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।

Share This Article
Leave a comment

Leave a Reply

Your email address will not be published. Required fields are marked *