ਕਿਰਤੀ ਕਿਸਾਨ ਯੂਨੀਅਨ ਦੀ ਮੋਗਾ ਦਫ਼ਤਰ ਵਿਖੇ ਹੋਈ ਮੀਟਿੰਗ

voice punjabtime
3 Min Read

ਅੱਜ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਸ਼ੁਰੂਆਤ ਦੌਰਾਨ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਪ੍ਰੈੱਸ ਨੋਟ ਜਾਰ ਕਰਦਿਆਂ ਆਖਿਆ ਕਿ
ਪੰਜਾਬ ਸਰਕਾਰ ਵੱਲੋਂ ਮੁਕਤ ਵਪਾਰ ਸਮਝੌਤਾ ਅਤੇ ਜਲ ਸੋਧ ਐਕਟ ਵਰਗੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। 5 ਮਾਰਚ ਨੂੰ ਚੰਡੀਗੜ੍ਹ ਜਾਣ ਵਾਲੇ ਕਿਸਾਨਾਂ ਤੇ ਜਬਰ, 19 ਮਾਰਚ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਜਬਰ,ਆਦਰਸ ਸਕੂਲ ਚਾਉਕੇ ਦੇ ਅਧਿਆਪਕਾਂ ਖਿਲਾਫ ਜਬਰ, ਅਖਾੜਾ ਗੈਸ ਫੈਕਟਰੀ ਮੋਰਚੇ ਤੇ ਹਮਲਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਆਗੂ ਨਿਰਭੈ ਸਿੰਘ ਤੇ ਹਮਲਾ ਇਸ ਦੀਆਂ ਉਦਾਹਰਨਾਂ ਹਨ। ਸੰਯੁਕਤ ਕਿਸਾਨ ਮੋਰਚੇ ਵਲੋਂ ਲੋਕਾਂ ਤੇ ਜਬਰ ਦੇ ਖਿਲਾਫ ਅਤੇ ਉਹਨਾਂ ਦੇ ਸੰਘਰਸ਼ ਕਰਨ ਦੇ ਬੁਨਿਆਦੀ ਹੱਕ ਦੀ ਰਾਖੀ ਲਈ 13 ਮਈ ਨੂੰ ਜਗਰਾਉਂ, ਬਠਿੰਡਾ ਅਤੇ ਸੰਗਰੂਰ ਵਿਖੇ ਜਬਰ ਵਿਰੋਧੀ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
20 ਮਈ ਨੂੰ ਸਾਰੇ ਦੇਸ਼ ਦੇ ਮਜ਼ਦੂਰ ਅੱਠ ਘੰਟੇ ਦੀ ਕੰਮ ਦਿਹਾੜੀ ਅਤੇ ਹੋਰ ਅਧਿਕਾਰਾਂ ਦੀ ਰਾਖੀ ਲਈ ਅਤੇ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਬਦਲਣ ਦੇ ਖਿਲਾਫ ਦੇਸ਼ ਵਿਆਪੀ ਹੜਤਾਲ ਕਰ ਰਹੇ ਹਨ ਜਿਸ ਦੀ ਸੰਯੁਕਤ ਕਿਸਾਨ ਮੋਰਚਾ ਪੂਰੀ ਤਾਕਤ ਨਾਲ ਹਮਾਇਤ ਕਰੇਗਾ। ਕਿਰਤੀ ਕਿਸਾਨ ਯੂਨੀਅਨ ਵੱਲੋਂ ਬੀਬੀਐਮਬੀ ਵਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਤੇ ਕਿਸਾਨ ਅੰਦੋਲਨ ਕਾਰਨ ਪੰਜਾਬ ਨਾਲ ਕਿੱੜ ਕੱਢਣ ਦਾ ਦੋਸ਼ ਲਾਇਆ ਹੈ। ਜੱਥੇਬੰਦੀ ਨੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਮੰਗ ਕੀਤੀ ਕਿ ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਸਥਾਈ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਸ਼ਾਰਦਾ, ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਲਈ ਸਬੰਧਤ ਸੂਬਿਆਂ ਨਾਲ ਗੱਲਬਾਤ ਕਰਨ ਦੀ ਪਹਿਲਕਦਮੀ ਹੱਥ ਲੈਣ ਦਾ ਰਾਹ ਅਖਤਿਆਰ ਕਰਨਾ ਚਾਹੀਦਾ ਹੈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਤੇ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਗਈ, ਦਫ਼ਤਰ ਦੇ ਉੱਪਰ ਝੰਡਾ ਚੜਾਇਆ ਗਿਆ। ਆਗੂਆਂ ਨੇ ਆਖਿਆ ਕਿ ਆਉਂਦੇ ਦਿਨਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹੇ ਵਿੱਚ ਛਿਮਾਹੀ ਫੰਡ ਇਕੱਠਾ ਕੀਤਾ ਜਾਵੇਗਾ, ਤਾਂ ਜੋ ਅੱਗੇ ਸੰਘਰਸ਼ ਨੂੰ ਲੜਨ ਲਈ ਕੋਈ ਦਿੱਕਤ ਪੇਸ਼ ਨਾ ਆਵੇ।
ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ, ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇਵਾਲਾ, ਸਹਾਇਕ ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬੇਅੰਤ ਸਿੰਘ ਮੱਲੇਆਣਾ, ਮੋਹਨ ਸਿੰਘ ਡਾਲਾ, ਅਜਮੇਰ ਸਿੰਘ ਛੋਟਾਘਰ, ਆਦਿ ਕਿਸਾਨ ਆਗੂ ਹਾਜ਼ਰ ਹੋਏ।

Share This Article
Leave a comment

Leave a Reply

Your email address will not be published. Required fields are marked *