12 ਤੋਂ 14 ਅਕਤੂਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 96027 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

voice punjabtime
2 Min Read

 

12  ਤੋਂ 14 ਅਕਤੂਬਰ 2025 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 96027 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਕੌਮੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹੇਗਾ ਹਰੇਕ ਯੋਗ ਬੱਚੇ ਤੱਕ ਇਹਨਾਂ ਬੂੰਦਾਂ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਇਹਨਾ  ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਟਾਸਕ ਫੋਰਸ ਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ, ਐਨ ਜੀ ਓ ਅਤੇ ਆਮ ਲੋਕ ਇਸ ਪੋਲੀਓ ਰੋਕੂ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 12 ਅਕਤੂਬਰ ਨੂੰ 367 ਬੂਥਾਂ ‘ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ  734  ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ,  ਆਂਗਣਵਾੜੀ ਵਰਕਰ ਅਤੇ ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰ ਰਹੇ ਹਨ।

ਇਸ ਮੀਟਿੰਗ ਵਿੱਚ ਮੌਜੂਦ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਜਾਵੇਗੀ ਅਤੇ ਇਸਦੀ ਸੁਪਰਵਿਜਨ ਵੀ ਸੁਚੱਜੇ ਢੰਗ ਨਾਲ ਹੋਵੇਗੀ। ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ।

ਇਸ ਮੀਟਿੰਗ ਵਿੱਚ ਮੌਜੂਦ ਡਾ. ਅਸ਼ੋਕ ਸਿੰਗਲਾ ਨੋਡਲ ਅਫ਼ਸਰ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 16 ਟਰਾਂਜ਼ਿਟ ਟੀਮਾਂ ਜਰੀਏ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ।ਇਸ ਮਕਸਦ ਲਈ 75 ਸੁਪਰਵਾਈਜ਼ਰ ਲਗਾਏ ਗਏ ਹਨ।

 

ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Share This Article
Leave a comment

Leave a Reply

Your email address will not be published. Required fields are marked *