ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ  ਚਲਾਉਣ ‘ਤੇ 30 ਅਪ੍ਰੈਲ ਤੱਕ ਮੁਕੰਮਲ ਪਾਬੰਦੀ ਲਾਗੂ

voice punjabtime
3 Min Read

ਵੇਖਣ ਵਿੱਚ ਆਇਆ ਹੈ ਕਿ ਕਿਸਾਨ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਹੀ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾ ਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ। ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ਨਮੀ ਭਰਿਆ ਹੁੰਦਾ ਹੈ, ਜਿਸ ਦੌਰਾਨ ਮਸ਼ੀਨ ਵਿੱਚ ਰਗੜ ਨਾਲ ਗਰਮਾਇਸ਼ ਪੈਦਾ ਹੋਣ ਕਰਕੇ ਕਣਕ ਦੀ ਖੜੀ ਫ਼ਸਲ ਨੂੰ ਅੱਗ ਲੱਗਣ ਦੀ ਸੰਭਾਵਨਾ ਬਣਦੀ ਹੈ। ਇਸ ਲਈ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਤੇ ਕਟਾਈ ਉਪਰੰਤ ਤੁਰੰਤ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਣੀ ਜਰੂਰੀ ਹੈ ਤਾਂ ਜੋ ਅਜਿਹੀਆਂ ਦੁਰਘਟਨਾਵਾਂ ਨਾਲ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਵਿੱਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ। ਚਲਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਅਪ੍ਰੈਲ, 2026 ਤੱਕ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮੋਗਾ ਦੀ ਹਦੂਦ ਅੰਦਰ ਕਣਕ ਦੇ ਨਾੜ (ਰਹਿੰਦ ਖੂੰਹਦ) ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਏਅਰ ਪਰੀਵਿਨਸ਼ਨ ਐਂਡ ਕੰਟਰੋਲ ਆਫ ਪਲਿਊਸ਼ਨ ਐਕਟ 1981 ਦੇ ਤਹਿਤ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਏ ਜਾਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦਮਾ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਇਸ ਦੇ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਤੇ ਮਾਰੂ ਪ੍ਰਭਾਵ ਪੈਂਦਾ ਹੈ ਅਤੇ ਧੂੰਏ ਨਾਲ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਨਾੜ ਨੂੰ ਅੱਗ ਲਗਾਉਣ ਨਾਲ ਨਾਲ ਦੇ ਖੇਤਾਂ ਵਿੱਚ ਖੜ੍ਹੀ ਫਸਲ ਜਾਂ ਆਲੇ ਦੁਆਲੇ ਦੇ ਦਰੱਖਤਾਂ ਨੂੰ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਉਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨ ਦੋਨਾਂ ਪਾਬੰਦੀ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ। ਇਹ ਹੁਕਮ 31 ਮਈ, 2026 ਤੱਕ ਲਾਗੂ ਰਹਿਣਗੇ।

Share This Article
Leave a comment

Leave a Reply

Your email address will not be published. Required fields are marked *