ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ-ਸਾਗਰ ਸੇਤੀਆ

voice punjabtime
3 Min Read

 

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ ਅਜੈ ਗਾਂਧੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸੇਤੀਆ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਅਜੈ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂਆਂ ਗੱਡੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਜੋ ਕਿ 6 ਤੋਂ 8 ਮਿੰਟ ਪਹੁੰਚ ਜਾਂਦੀਆਂ ਹਨ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਪੁਲਿਸ ਪ੍ਰਸ਼ਾਸਨ ਸੰਬੰਧੀ ਕਿਸੇ ਪ੍ਰਕਾਰ ਦੀ ਸਹਾਇਤਾ ਦੀ ਲੋੜ ਹੋਵੇ ਤਾਂ 112 ਨੰਬਰ ਤੇ ਕਾਲ ਕਰ ਸਕਦੇ ਹਨ।ਇਸ ਤੋਂ ਇਲਾਵਾ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਵੇ ਤਾਂ ਸੰਬੰਧਤ ਐੱਸ.ਐੱਚ.ਓ ਨੂੰ ਦੱਸਿਆ ਜਾਵੇ ਹਰੇਕ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਸਪਿੰਦਰ ਸਿੰਘ, ਐਸ ਡੀ ਐਮ ਸੂਰਜ ਕੁਮਾਰ ਨੂੰ ਕਿਹਾ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ। ਇਸੇ ਤਰ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ।

Share This Article
Leave a comment

Leave a Reply

Your email address will not be published. Required fields are marked *