ਮੋਗਾ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦਾ ਸੀਜਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਕਿਨਾਰੇ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਦੇ ਨਾਲ ਨਾਲ ਲਿਫਟਿੰਗ ਕਰਨੀ ਵੀ ਤੇਜੀ ਨਾਲ ਯਕੀਨੀ ਬਣਾਈ ਜਾ ਰਹੀ ਹੈ। ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵੀ ਨਾਲੋ ਨਾਲ ਯਕੀਨੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ 628406 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ । ਉਹਨਾਂ ਦੱਸਿਆ ਕਿ ਮੋਗਾ ਜਿਲੇ ਦੇ ਵਿੱਚ ਕਿਸਾਨਾਂ ਨੂੰ 1470 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ।
ਉਹਨਾਂ ਇਹ ਵੀ ਦੱਸਿਆ ਕਿ ਕਣਕ ਦੀ ਖਰੀਦ ਦੇ ਵਿੱਚ ਪਨਗਰੇਨ ਵੱਲੋਂ 214736 ਮੀਟਰਿਕ ਟਨ, ਮਾਰਕਫੈੱਡ ਵੱਲੋਂ 167178 ਮੀਟਰਕ ਟਨ, ਪਨਸਪ ਵੱਲੋਂ 142269 ਮੀਟਰਕ ਟਨ, 103892 ਵੇਅਰ ਹਾਊਸ ਵੱਲੋਂ ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 329 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ
ਸ਼੍ਰੀ ਸੇਤੀਆ ਨੇ ਦੱਸਿਆ ਕਿ ਰੋਜ਼ਾਨਾ ਲਗਭਗ 15 ਤੋਂ 20 ਹਜ਼ਾਰ ਮੀਟਰਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋ ਰਹੀ ਹੈ ਜਿਸ ਦੀ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ । ਬੀਤੇ ਕੱਲ੍ਹ 22373 ਮੀਟਰਕ ਟਨ ਦੀ ਖਰੀਦ ਕੀਤੀ ਗਈ ।
ਉਨ੍ਹਾਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਖੁਰਾਕ ਸਪਲਾਈ, ਖਰੀਦ ਏਜੰਸੀਆਂ ਦੇ ਅਧਿਕਾਰੀ ਕਣਕ ਦੀ ਨਿਰਧਾਰਿਤ ਸਮੇਂ ਅੰਦਰ ਚੁਕਾਈ ਨੂੰ ਯਕੀਨੀ ਬਣਾਉਣ । ਦੱਸਣਯੋਗ ਹੈ ਕਿ ਲਗਭਗ 4 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ, ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ ਜਿਹੜੀਆਂ ਮਨੁੱਖੀ ਸਿਹਤ ਲਈ ਖ਼ਤਰਨਾਕ ਹੁੰਦੀਆਂ ਹਨ। ਉਨ੍ਹਾਂ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੀ ਅਪੀਲ ਕੀਤੀ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਹੋਰ ਬਿਹਤਰ ਕੀਤਾ ਜਾ ਸਕੇ ।
ਕੈਪਸ਼ਨ – ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ
ਸ੍ਰੀ ਸਾਗਰ ਸੇਤੀਆ ।

