ਮੋਗਾ ਦੇ ਲੋਕ ਵਿਕਾਸ ਅਤੇ ਤਰੱਕੀ ਲਈ ਕਾਂਗਰਸ ਨਾਲ ਖੜੇ ਹਨ : ਮਾਲਵਿਕਾ ਸੂਦ

voice punjabtime
4 Min Read

ਸੂਬੇ ਦੀ ਰਾਜਨੀਤੀ ਵਿਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਰਮਾਹਟ ਵੱਧਦੀ ਜਾ ਰਹੀ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਨੇ ਵੱਡਾ ਰਾਜਨੀਤਿਕ ਬਿਆਨ ਦਿੰਦਿਆਂ ਦਾਅਵਾ ਕੀਤਾ ਹੈ ਕਿ ਆਉਣ ਵਾਲੀ ਸਰਕਾਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੀ ਬਣੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਵਿਚ ਲਿਆਂਦਾ ਸੀ, ਪਰ ਮੌਜੂਦਾ ਸਰਕਾਰ ਉਨ੍ਹਾਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਮਾਲਵਿਕਾ ਸੂਦ ਨੇ ਕਿਹਾ ਕਿ ਸੂਬੇ ਦੇ ਹਰ ਵਰਗ ਵਿਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ, ਨੌਜਵਾਨ, ਵਪਾਰੀ ਅਤੇ ਆਮ ਵਰਗ ਸਭ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ, ਜਿਸ ਕਰ ਕੇ ਲੋਕਾਂ ਦਾ ਭਰੋਸਾ ਡੋਲ ਗਿਆ ਹੈ। ਇਸ ਲਈ ਹੁਣ ਸੂਬੇ ਦੇ ਲੋਕ 2027 ਦੀਆਂ ਚੋਣਾਂ ਵਿਚ ਕਾਂਗਰਸ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਦੀ ਆਈ ਹੈ ਅਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਮਾਲਵਿਕਾ ਸੂਦ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਉਤਰੇਗੀ ਅਤੇ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਹੀ ਉਹ ਬਦਲਾਅ ਲਿਆ ਸਕਦੀ ਹੈ। ਮੋਗਾ ਹਲਕੇ ਬਾਰੇ ਗੱਲ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਅਤੇ ਹੁੰਗਾਰਾ ਮਿਲ ਰਿਹਾ ਹੈ। ਇਹ ਸਮਰਥਨ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਮੋਗਾ ਹਲਕੇ ਦੀ ਸੀਟ ਵੱਡੀ ਲੀਡ ਨਾਲ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮੋਗਾ ਦੇ ਲੋਕ ਵਿਕਾਸ ਅਤੇ ਤਰੱਕੀ ਲਈ ਕਾਂਗਰਸ ਨਾਲ ਖੜੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਹ ਗੱਲ ਸਾਬਤ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਮੋਗਾ ਤੋਂ ਕਾਂਗਰਸ ਨੂੰ ਜਿੱਤ ਮਿਲਦੀ ਹੈ ਤਾਂ ਹਲਕੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਮੋਗਾ ਨੂੰ ਸੂਬੇ ਦਾ ਸਭ ਤੋਂ ਸੁੰਦਰ ਅਤੇ ਵਿਕਸਿਤ ਹਲਕਾ ਬਣਾਇਆ ਜਾਵੇਗਾ। ਸੜਕਾਂ, ਸਿਹਤ ਸਹੂਲਤਾਂ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮਾਲਵਿਕਾ ਸੂਦ ਨੇ ਕਿਹਾ ਕਿ ਉਹ ਜੋ ਕਹਿੰਦੇ ਹਨ, ਉਹ ਕਰਕੇ ਵੀ ਦਿਖਾਉਂਦੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਗਾ ਦੇ ਲੋਕਾਂ ਨੂੰ ਕਦੇ ਵੀ ਸੁਪਨਿਆਂ ਵਿਚ ਨਹੀਂ ਰੱਖਿਆ ਜਾਵੇਗਾ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਰਕੇ ਲੋਕਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਅਖੀਰ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਤਿਆਰ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਮੌਜੂਦਾ ਸਰਕਾਰ ਨੂੰ ਬਾਹਰ ਦਾ ਰਾਹ ਦਿਖਾ ਕੇ ਕਾਂਗਰਸ ਪਾਰਟੀ ਨੂੰ ਦੁਬਾਰਾ ਸੱਤਾ ’ਚ ਲਿਆਉਣਗੇੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਨਿਸ਼ਚਿਤ ਹੈ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ।

Share This Article
Leave a comment

Leave a Reply

Your email address will not be published. Required fields are marked *