ਮਾਲਵਿਕਾ ਸੂਦ ਦੀ ਅਗਵਾਈ ਹੇਠ ਮੋਗਾ ਵਿਖੇ ਕਾਂਗਰਸ ਵੱਲੋਂ ਬੀ.ਐਨ.ਏ-2 ਇੰਡਕਸ਼ਨ ਟਰੇਨਿੰਗ ਕੈਂਪ ਦਾ ਆਯੋਜਨ

voice punjabtime
3 Min Read

ਆਲ ਇੰਡੀਆ ਕਾਂਗਰਸ ਕਮੇਟੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਕਮੇਟੀ ਵੱਲੋਂ ਬੀ.ਐਨ.ਏ-2 ਦੀ ਇੰਡਕਸ਼ਨ ਟਰੇਨਿੰਗ ਦਾ ਆਯੋਜਨ ਕੀਤਾ ਗਿਆ। ਇਹ ਟਰੇਨਿੰਗ ਕੈਂਪ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਟਰੇਨਿੰਗ ਕੈਂਪ ਦਾ ਮੁੱਖ ਉਦੇਸ਼ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸ.ਆਈ.ਆਰ) ਮੁਹਿੰਮ ਬਾਰੇ ਪਾਰਟੀ ਵਰਕਰਾਂ ਅਤੇ ਬੂਥ ਪੱਧਰ ਦੇ ਆਗੂਆਂ ਨੂੰ ਜਾਣੂ ਕਰਵਾਉਣਾ ਸੀ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵੱਧ ਪਾਰਦਰਸ਼ੀ ਅਤੇ ਸਹੀ ਬਣਾਇਆ ਜਾ ਸਕੇ। ਟਰੇਨਿੰਗ ਦੌਰਾਨ ਮੋਗਾ ਦੇ ਐਸ.ਆਈ.ਆਰ ਕੋਆਰਡੀਨੇਟਰ ਸ਼੍ਰੀ ਸਿਤਾਰ ਮੁਹੰਮਦ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਵੋਟਰ ਲਿਸਟਾਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਹਰ ਇਕ ਬੂਥ ਪੱਧਰ ਦਾ ਵਰਕਰ ਆਪਣੇ ਇਲਾਕੇ ਦੀ ਵੋਟਰ ਸੂਚੀ ਨੂੰ ਧਿਆਨ ਨਾਲ ਜਾਂਚੇ ਅਤੇ ਜਿੱਥੇ ਵੀ ਗਲਤੀਆਂ ਹੋਣ, ਉਨ੍ਹਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਅਣਉਚਿਤ ਨਾਂ ਹਟਾਉਣ ਦੀ ਪ੍ਰਕਿਰਿਆ ਵਿਚ ਸਾਰਿਆਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ। ਮਾਲਵਿਕਾ ਸੂਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਤੰਤਰ ਦੀ ਮਜ਼ਬੂਤੀ ਲਈ ਵਚਨਬੱਧ ਰਹੀ ਹੈ ਅਤੇ ਇਸੇ ਤਹਿਤ ਬੂਥ ਪੱਧਰ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਬੂਥ ਮਜ਼ਬੂਤ ਹੋਵੇਗਾ ਤਾਂ ਸੰਗਠਨ ਆਪਣੇ ਆਪ ਮਜ਼ਬੂਤ ਹੋਵੇਗਾ ਅਤੇ ਇਸ ਨਾਲ ਲੋਕਤੰਤਰ ਦੀ ਜੜਾਂ ਹੋਰ ਮਜ਼ਬੂਤ ਹੋਣਗੀਆਂ। ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਨੇ ਵੀ ਟਰੇਨਿੰਗ ਕੈਂਪ ਨੂੰ ਸੰਬੋਧਨ ਕਰਦਿਆਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਵੋਟਰ ਸੂਚੀ ਦੀ ਸਹੀ ਤਿਆਰੀ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਕੌਂਸਲਰ ਸਾਹਿਬਾਨ, ਬਲਾਕ ਪ੍ਰਧਾਨਾਂ ਅਤੇ ਹੋਰ ਕਾਂਗਰਸੀ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਟਰੇਨਿੰਗ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਟਰੇਨਿੰਗਾਂ ਨਾਲ ਵਰਕਰਾਂ ਦੀ ਸਮਝ ਵਿੱਚ ਵਾਧਾ ਹੁੰਦਾ ਹੈ ਅਤੇ ਉਹ ਆਪਣੇ ਫਰਜ਼ ਹੋਰ ਵਧੀਆ ਢੰਗ ਨਾਲ ਨਿਭਾ ਸਕਦੇ ਹਨ। ਕੈਂਪ ਦੇ ਅੰਤ ਵਿਚ ਹਾਜ਼ਰ ਆਗੂਆਂ ਨੇ ਇਕ ਸੁਰ ਵਿੱਚ ‘ਮਜ਼ਬੂਤ ਬੂਥ, ਮਜ਼ਬੂਤ ਸੰਗਠਨ ਅਤੇ ਮਜ਼ਬੂਤ ਲੋਕਤੰਤਰ’ ਦੇ ਨਾਰੇ ਨੂੰ ਦੁਹਰਾਇਆ ਅਤੇ ਪੰਜਾਬ ਕਾਂਗਰਸ ਦੀ ਵਚਨਬੱਧਤਾ ਨੂੰ ਫਿਰ ਦੋਹਰਾਇਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਦੀ ਹਾਜ਼ਰੀ ਦੇਖਣ ਨੂੰ ਮਿਲੀ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ ’ਤੇ ਆਪਣੇ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

Share This Article
Leave a comment

Leave a Reply

Your email address will not be published. Required fields are marked *