ਮੋਗਾ ਨੇੜੇ ਭਿਆਨਕ ਸੜਕ ਹਾਦਸਾ, ਇੱਕ ਬੱਚੇ ਸਮੇਤ ਤਿੰਨ ਗੰਭੀਰ ਜ਼ਖ਼ਮੀ

voice punjabtime
2 Min Read

 

 

ਮੋਗਾ ਦੇ ਪਿੰਡ ਘਲਕਲਾਂ ਨੇੜੇ ਹਾਈਵੇ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਬੱਚੇ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਮੋਗਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਫ਼ਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਘਲਕਲਾਂ ਦੇ ਰਹਿਣ ਵਾਲੇ ਚਾਰ ਵਿਅਕਤੀ ਅਤੇ ਦੋ ਬੱਚੇ ਇੱਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਲੇਰਾਂ ਤੋਂ ਆਪਣੀ ਭੈਣ ਦੇ ਘਰ ਦੀ ਛੱਤ ਦਾ ਲੈਂਟਰ ਪਵਾ ਕੇ ਵਾਪਸ ਘਰ ਆ ਰਹੇ ਸਨ। ਜਦੋਂ ਉਹ ਮੋਗਾ ਦੇ ਪਿੰਡ ਦੁੱਨੇਕੇ ਨੇੜੇ ਸਥਿਤ ਇੱਕ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋ ਬੱਚੇ ਅਤੇ ਉਨ੍ਹਾਂ ਦੀ ਦਾਦੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਦੇ ਹੋਏ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਸੁਸਾਇਟੀ ਦੇ ਇੱਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੁੱਨੇਕੇ ਨੇੜੇ ਪੈਟਰੋਲ ਪੰਪ ਕੋਲ ਸੜਕ ਹਾਦਸਾ ਵਾਪਰਿਆ ਹੈ। ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤਿੰਨ ਜ਼ਖ਼ਮੀਆਂ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ।

ਉੱਥੇ ਹੀ ਸਿਵਲ ਹਸਪਤਾਲ ਮੋਗਾ ਦੇ ਡਾ. ਬਜਰੰਗ ਨੇ ਦੱਸਿਆ ਕਿ ਤਿੰਨਾਂ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਫ਼ਰੀਦਕੋਟ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਵਾਹਨ ਚਾਲਕ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Share This Article
Leave a comment

Leave a Reply

Your email address will not be published. Required fields are marked *