ਭਾਜਪਾ ਨੇ ਹਰਮਨਦੀਪ ਸਿੰਘ ਮੀਤਾ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਇੰਚਾਰਜ ਕੀਤਾ ਨਿਯੁਕਤ

voice punjabtime
3 Min Read
ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਆਪਣੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਲਈ ਨਵੇਂ ਇੰਚਾਰਜਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਦੌਰਾਨ ਭਾਜਪਾ ਯੁਵਾ ਮੋਰਚਾ ਕਾਲਜ ਆਊਟਰੀਚ ਦੇ ਸੂਬਾ ਪ੍ਰਧਾਨ ਹਰਮਨਦੀਪ ਸਿੰਘ ਮੀਤਾ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰਮਨਦੀਪ ਸਿੰਘ ਮੀਤਾ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕਈ ਆਗੂਆਂ ਨੇ ਇਸ ਨਿਯੁਕਤੀ ਨੂੰ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ। ਇਸ ਮੌਕੇ ਹਰਮਨਦੀਪ ਸਿੰਘ ਮੀਤਾ ਨੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲਾ ਪ੍ਰਧਾਨ ਡਾ. ਹਰਜੋਤ ਕਮਲ ਦਾ ਵੀ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਭਾਜਪਾ ਨਾਲ ਜੋੜਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ, ਤਾਂ ਜੋ ਨੌਜਵਾਨ ਸ਼ਕਤੀ ਨੂੰ ਪਾਰਟੀ ਨਾਲ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਹਰਮਨਦੀਪ ਸਿੰਘ ਮੀਤਾ ਨੇ ਕਿਹਾ ਕਿ ਉਹ ਹਲਕੇ ਦੇ ਹਰ ਬੂਥ ’ਤੇ ਸਰਗਰਮ ਟੀਮਾਂ ਦਾ ਗਠਨ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਨਿਹਾਲ ਸਿੰਘ ਵਾਲਾ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਉਦੇਸ਼ ਨਾਲ ਉਹ ਹਰ ਵਰਕਰ ਨੂੰ ਨਾਲ ਲੈ ਕੇ ਅੱਗੇ ਵਧਣਗੇ।
Share This Article
Leave a comment

Leave a Reply

Your email address will not be published. Required fields are marked *