ਮੋਗਾ ਥਾਣੇ ’ਤੇ ਹੈਂਡ ਗ੍ਰਨੇਡ ਹਮਲਾ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲ: ਮਾਲਵਿਕਾ ਸੂਦ

voice punjabtime
3 Min Read

ਮੋਗਾ ਦੇ ਸਦਰ ਪੁਲਸ ਥਾਣੇ ਦੇ ਬਾਹਰ ਹੈਂਡ ਗ੍ਰਨੇਡ ਨਾਲ ਹੋਏ ਧਮਾਕੇ ਦੀ ਘਟਨਾ ’ਤੇ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਪੁਲਸ ਪ੍ਰਸ਼ਾਸਨ ਲਈ ਚੁਣੌਤੀ ਹੈ, ਸਗੋਂ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਵੀ ਵੱਡੇ ਸਵਾਲ ਖੜ੍ਹੇ ਕਰਦੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਜਦੋਂ ਸੁਰੱਖਿਆ ਦੇ ਪ੍ਰਤੀਕ ਮੰਨੇ ਜਾਂਦੇ ਪੁਲਸ ਥਾਣੇ ਹੀ ਅਜਿਹੇ ਹਮਲਿਆਂ ਦਾ ਨਿਸ਼ਾਨਾ ਬਣਨ ਲੱਗ ਪੈਣ ਤਾਂ ਆਮ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ, ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਹੈ। ਜੇਕਰ ਪੁਲਸ ਦੇ ਅਦਾਰਿਆਂ ’ਤੇ ਹੀ ਹਮਲੇ ਹੋਣਗੇ ਤਾਂ ਲੋਕਾਂ ਦਾ ਸੁਰੱਖਿਆ ਪ੍ਰਬੰਧਾਂ ’ਤੇ ਭਰੋਸਾ ਕਮਜ਼ੋਰ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਭ ਤੋਂ ਪਹਿਲਾ ਅਤੇ ਮੁੱਖ ਫ਼ਰਜ਼ ਸੂਬੇ ਦੇ ਹਰ ਨਾਗਰਿਕ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਉਣਾ ਹੈ। ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਹਾਲਤ ਵਿਚ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸਿਰਫ਼ ਵੱਡੇ-ਵੱਡੇ ਦਾਅਵੇ ਜਾਂ ਇਸ਼ਤਿਹਾਰ ਕਾਫ਼ੀ ਨਹੀਂ ਹੁੰਦੇ, ਸਗੋਂ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਕਾਂਗਰਸ ਆਗੂ ਨੇ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵੀ ਗੰਭੀਰ ਸਮੀਖਿਆ ਹੋਣੀ ਚਾਹੀਦੀ ਹੈ, ਤਾਂ ਜੋ ਪੁਲਸ ਥਾਣਿਆਂ ਅਤੇ ਹੋਰ ਮਹੱਤਵਪੂਰਨ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾ ਸਕੇ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਸ਼ਾਂਤਮਈ, ਸੁਰੱਖਿਅਤ ਅਤੇ ਭੈਅ-ਮੁਕਤ ਮਾਹੌਲ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਆਸੀ ਬਿਆਨਬਾਜ਼ੀ ਦੀ ਬਜਾਏ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਵੇ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਜਵਾਬਦੇਹੀ, ਪਾਰਦਰਸ਼ਤਾ ਅਤੇ ਤੇਜ਼ ਕਾਰਵਾਈ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਕੈਪਸ਼ਨ

Share This Article
Leave a comment

Leave a Reply

Your email address will not be published. Required fields are marked *