ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਮੋਗਾ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ

voice punjabtime
5 Min Read

 

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ-2026 ਦੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਹਰੇਕ ਨਾਗਰਿਕ ਆਪਣੇ ਨਾਮ ਸਮੇਤ ਵੋਟਰ ਸੂਚੀ ਵਿੱਚ ਦਰਜ ਹੋਰ ਵੇਰਵਿਆਂ ਦੀ ਜਾਂਚ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵਾਲੀ ਵੋਟਰ ਸੂਚੀ ਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਦੀ ਹਾਰਡ ਤੇ ਸਾਫਟ ਕਾਪੀ ਸੌਂਪੀ ਗਈ।

 

ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 13 ਅਗਸਤ ਤੋਂ 8 ਅਕਤੂਬਰ 2026 ਤੱਕ ਚੱਲੇਗੀ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਤੋਂ ਵੱਧ ਕੇ 834 ਹੋ ਗਈ ਹੈ। ਡਰਾਫਟ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਕੁੱਲ 7,09,641 ਵੋਟਰ ਹਨ, ਜਿਨ੍ਹਾਂ ਵਿੱਚ 3,77,985 ਪੁਰਸ਼, 3,31,636 ਇਸਤਰੀ ਅਤੇ 20 ਹੋਰ ਵੋਟਰ ਸ਼ਾਮਲ ਹਨ।

ਹਲਕਾ-ਵਾਰ ਵੋਟਰਾਂ ਦੀ ਗਿਣਤੀ ਸਬੰਧੀ ਉਨ੍ਹਾਂ ਦੱਸਿਆ ਕਿ ਨਿਹਾਲ ਸਿੰਘ ਵਾਲਾ ਵਿੱਚ 1,86,708, ਬਾਘਾਪੁਰਾਣਾ ਵਿੱਚ 1,63,475, ਮੋਗਾ ਵਿੱਚ 1,88,509 ਅਤੇ ਧਰਮਕੋਟ ਵਿੱਚ 1,70,949 ਵੋਟਰ ਦਰਜ ਹਨ।

 

ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ 16 ਅਗਸਤ 2026, ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ। ਇਸ ਦੌਰਾਨ ਆਮ ਜਨਤਾ ਨੂੰ ਵੋਟਰ ਸੂਚੀ ਦਿਖਾਈ ਜਾਵੇਗੀ ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ।

 

ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਤਾਂ ਉਹ ਫਾਰਮ ਨੰਬਰ 6 ਭਰ ਕੇ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦਾ ਹੈ। ਇਸ ਦੇ ਨਾਲ ਘੋਸ਼ਣਾ ਫਾਰਮ ਵੀ ਲਗਾਇਆ ਜਾਵੇਗਾ, ਜਿਸ ਵਿੱਚ ਸਬੰਧਤ ਵੋਟਰ ਦੇ ਸਾਲ 2003 ਦੀ ਵੋਟਰ ਸੂਚੀ ਵਿੱਚ ਦਰਜ ਵੇਰਵੇ ਭਰੇ ਜਾਣਗੇ।

 

ਇਸੇ ਤਰ੍ਹਾਂ, ਜੇਕਰ ਕਿਸੇ ਦਰਜ ਵੋਟਰ ਦੀ ਮੌਤ ਹੋ ਚੁੱਕੀ ਹੈ ਤਾਂ ਉਸ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਕਿਸੇ ਵੋਟਰ ਦੇ ਨਾਮ, ਪਤੇ ਜਾਂ ਹੋਰ ਵੇਰਵਿਆਂ ਵਿੱਚ ਦਰੁੱਸਤੀ ਦੀ ਲੋੜ ਹੋਣ ਦੀ ਸੂਰਤ ਵਿੱਚ ਫਾਰਮ ਨੰਬਰ 8 ਭਰ ਕੇ ਦਿੱਤਾ ਜਾ ਸਕਦਾ ਹੈ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨ੍ਹਾਂ ਫੋਟੋ ਵਾਲੀ ਡਰਾਫਟ ਵੋਟਰ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ moga.nic.in ’ਤੇ ਵੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ ਕੀਤੀ ਗਈ ਫੀਲਡ ਵੈਰੀਫਿਕੇਸ਼ਨ ਦੌਰਾਨ ਜਿਨ੍ਹਾਂ ਵੋਟਰਾਂ ਨੂੰ ਐਬਸੈਂਟਰ, ਸ਼ਿਫਟਡ, ਡੈਥ, ਡੁਬਲੀਕੇਟ ਸ਼੍ਰੇਣੀਆਂ ਵਿੱਚ ਦਰਜ ਕੀਤਾ ਗਿਆ ਸੀ, ਉਨ੍ਹਾਂ ਦੀਆਂ ਵੋਟਾਂ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤੀਆਂ ਗਈਆਂ ਹਨ। ਇਨ੍ਹਾਂ ਸਬੰਧੀ ਸੂਚੀਆਂ ਵੀ ਜ਼ਿਲ੍ਹਾ ਮੋਗਾ ਦੀ ਵੈੱਬਸਾਈਟ ’ਤੇ ਉਪਲੱਬਧ ਹਨ, ਤਾਂ ਜੋ ਸਬੰਧਤ ਨਾਗਰਿਕ ਆਪਣੀ ਜਾਣਕਾਰੀ ਦੀ ਜਾਂਚ ਕਰ ਸਕਣ।

 

ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਤਰੁੱਟੀ ਜਾਂ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸੁਚੱਜੀ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹੈ, ਇਸ ਲਈ ਹਰ ਯੋਗ ਨਾਗਰਿਕ ਆਪਣੀ ਵੋਟਰ ਜਾਣਕਾਰੀ ਦੀ ਪੁਸ਼ਟੀ ਜ਼ਰੂਰ ਕਰੇ।

 

ਵੋਟਰ ਸੂਚੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਚੋਣ ਦਫ਼ਤਰ ਦੇ ਟੋਲ-ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਸਹੂਲਤ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਉਪਲੱਬਧ ਰਹੇਗੀ। ਇਸ ਤੋਂ ਇਲਾਵਾ, ਆਪਣੇ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਉਪਲੱਬਧ ਕਰਵਾਈ ਗਈ ‘ਬੁਕ ਏ ਕਾਲ’ ਸਹੂਲਤ ਦਾ ਵੀ ਲਾਭ ਲਿਆ ਜਾ ਸਕਦਾ ਹੈ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ।

Share This Article
Leave a comment

Leave a Reply

Your email address will not be published. Required fields are marked *