ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਵਿੱਚ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਜ਼ਿਲ੍ਹੇ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 3500 ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ, ਜਦਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹਾਲੇ ਵੀ ਜਾਰੀ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਜ਼ਿਲ੍ਹੇ ਵਿੱਚ ਖੇਡਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ, ਰਾਜਨੀਤਿਕ ਪਾਰਟੀਆਂ ਅਤੇ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਸਤੰਬਰ ਤੋਂ 18 ਸਤੰਬਰ, 2026 ਤੱਕ ਕਰਵਾਏ ਜਾ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 25 ਸਤੰਬਰ, 2026 ਤੋਂ ਸ਼ੁਰੂ ਹੋਣਗੇ। ਖੇਡਾਂ ਦਾ ਵਿਸਥਾਰਤ ਸ਼ਡਿਊਲ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੀ ਅਪਲੋਡ ਕਰ ਦਿੱਤਾ ਗਿਆ ਹੈ, ਤਾਂ ਜੋ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਕਾਬਲਿਆਂ ਸਬੰਧੀ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਹੋ ਸਕੇ।
ਉਨ੍ਹਾਂ ਦੱਸਿਆ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ, ਜਿਸ ਨਾਲ ਖੇਡਾਂ ਨੂੰ ਸਿਰਫ਼ ਨੌਜਵਾਨਾਂ ਤੱਕ ਸੀਮਿਤ ਰੱਖਣ ਦੀ ਬਜਾਏ ਹਰ ਵਰਗ ਤੱਕ ਪਹੁੰਚਾਉਣ ਦਾ ਉਦੇਸ਼ ਪੂਰਾ ਹੋਵੇਗਾ। ਮੋਗਾ ਜ਼ਿਲ੍ਹੇ ਵਿੱਚ ਐਥਲੈਟਿਕਸ, ਵਾਲੀਬਾਲ ਅਤੇ ਖੋ-ਖੋ ਵਰਗੀਆਂ ਖੇਡਾਂ ਪ੍ਰਤੀ ਖਿਡਾਰੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਟੈਨਿਸ ਬਾਲ ਕ੍ਰਿਕਟ ਨੂੰ ਵੀ ਇਸ ਵਾਰ ਖੇਡ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਸ੍ਰੀ ਸੇਤੀਆ ਨੇ ਦੱਸਿਆ ਕਿ ਖਿਡਾਰੀਆਂ ਦੀ ਰਜਿਸਟ੍ਰੇਸ਼ਨ sports.punjab.gov.in ’ਤੇ ਜਾਰੀ ਹੈ। ਜਿਹੜੇ ਖਿਡਾਰੀ ਕਿਸੇ ਕਾਰਨ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਉਹ ਮੁਕਾਬਲੇ ਵਾਲੀ ਥਾਂ ’ਤੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ, ਖੇਡ ਐਸੋਸੀਏਸ਼ਨਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਨਾਲ ਵੀ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਪੱਧਰ ’ਤੇ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਨਗਦ ਇਨਾਮ ਵੀ ਪ੍ਰਦਾਨ ਕੀਤੇ ਜਾਣਗੇ।

