ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਪੋਸ਼ਣ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਨੂੰ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਸਿਹਤ ਲਈ ਜੀਵਨ ਦੇ ਸ਼ੁਰੂਆਤੀ ਪੜਾਅ ਤੋਂ ਹੀ ਸਹੀ ਪੋਸ਼ਣ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਸੁਪਰਵਾਈਜ਼ਰਾਂ ਅਤੇ ਪੋਸ਼ਣ ਕੋਆਰਡੀਨੇਟਰਾਂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੌਰਾਨ ਸੰਤੁਲਿਤ ਖੁਰਾਕ, ਅਨੀਮੀਆ ਤੋਂ ਬਚਾਅ, ਸਫ਼ਾਈ ਤੇ ਸਵੱਛਤਾ, ਮਾਂ ਦੇ ਦੁੱਧ ਦੀ ਮਹੱਤਤਾ, ਸਥਾਨਕ ਪੌਸ਼ਟਿਕ ਖਾਧ ਪਦਾਰਥਾਂ ਦੀ ਵਰਤੋਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸ੍ਰੀਮਤੀ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਪੋਸ਼ਣ ਵਾਟਿਕਾ, ਪੋਸ਼ਣ ਪ੍ਰਦਰਸ਼ਨੀਆਂ, ਜਾਗਰੂਕਤਾ ਰੈਲੀਆਂ, ਘਰ-ਘਰ ਸੰਪਰਕ ਅਤੇ ਕਮਿਊਨਿਟੀ ਮੀਟਿੰਗਾਂ ਰਾਹੀਂ ਲੋਕਾਂ ਨੂੰ ਪੋਸ਼ਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਪਰਿਵਾਰਾਂ ਨੂੰ ਰੋਜ਼ਾਨਾ ਭੋਜਨ ਵਿੱਚ ਉਪਲਬਧ ਸਥਾਨਕ ਅਤੇ ਪੌਸ਼ਟਿਕ ਖਾਧ ਪਦਾਰਥਾਂ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰਾਂ ਅਤੇ ਪੋਸ਼ਣ ਕੋਆਰਡੀਨੇਟਰਾਂ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਲੋੜੀਂਦੀ ਜਾਣਕਾਰੀ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪੋਸ਼ਣ ਸਬੰਧੀ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ “ਸਹੀ ਪੋਸ਼ਣ, ਸਿਹਤਮੰਦ ਜੀਵਨ ਦੀ ਨੀਂਹ ਹੈ।” ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਰੋਜ਼ਾਨਾ ਭੋਜਨ ਵਿੱਚ ਵੱਖ-ਵੱਖ ਪੌਸ਼ਟਿਕ ਖਾਧ ਪਦਾਰਥਾਂ ਨੂੰ ਸ਼ਾਮਲ ਕਰਕੇ ਸੰਤੁਲਿਤ ਖੁਰਾਕ ਨੂੰ ਤਰਜੀਹ ਦੇਣੀ ਚਾਹੀਦੀ ਹੈ। ਖਾਸ ਕਰਕੇ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਦੀਆਂ ਪੋਸ਼ਣ ਸਬੰਧੀ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਨੂੰ ਸਫਲ ਬਣਾਉਣ ਲਈ ਸੁਪਰਵਾਈਜ਼ਰ, ਪੋਸ਼ਣ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰ ਪੂਰੀ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਲੋਕਾਂ ਨੂੰ ਪੋਸ਼ਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

