ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਭਰ ਵਿੱਚ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਕੰਮ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਬੀਐਲਓਜ਼ ਦੀ ਅਹਿਮ ਭੂਮਿਕਾ ਰਹੀ ਹੈ।
ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹਿਲਾ ਬੀਐਲਓਜ਼ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਨੇ ਕਿਹਾ ਕਿ ਮਹਿਲਾ ਬੀਐਲਓਜ਼ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਅਪਡੇਟ ਕਰਨ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਚੋਣਾਂ ਨਾਲ ਸੰਬੰਧਤ ਹੋਰ ਮਹੱਤਵਪੂਰਨ ਕਾਰਜ ਬੜੀ ਜ਼ਿੰਮੇਵਾਰੀ ਨਾਲ ਨਿਭਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲਦੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮਹਿਲਾ ਬੀਐਲਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਵਿੱਚ ਮਹਿਲਾ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਵੱਲੋਂ ਕੀਤੇ ਕੀਮਤੀ ਯੋਗਦਾਨ ਦੀ ਪ੍ਰਸ਼ੰਸਾ ਕੀਤੀ।
ਸਨਮਾਨਿਤ ਹੋਈਆਂ ਮਹਿਲਾ ਬੀ.ਐਲ.ਓਜ ਨੇ ਚੋਣ ਕਮਿਸ਼ਨ ਪੰਜਾਬ ਤੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਇਹ ਸਨਮਾਨ ਪ੍ਰਾਪਤ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਉਹ ਅੱਗੇ ਵੀ ਵੋਟਾਂ ਦੇ ਹਰੇਕ ਕਾਰਜ ਜਿਹੜਾ ਵੀ ਉਹਨਾਂ ਨੂੰ ਸੌਂਪਿਆ ਜਾਵੇਗਾ ਵਿੱਚ ਆਪਣੀਆਂ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਉਣਗੀਆਂ।
ਜਿਕਰਯੋਗ ਹੈ ਕਿ ਮੋਗਾ ਜ਼ਿਲ੍ਹਾ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚੋਂ ਤਿੰਨ ਤਿੰਨ ਭਾਵ ਕੁੱਲ 12 ਮਹਿਲਾ ਬੀ.ਐਲ.ਓਜ ਦੀ ਚੋਣ ਕੀਤੀ ਗਈ। ਇਹਨਾਂ ਵਿੱਚ ਵਿਧਾਨ ਸਭਾ ਹਲਕਾ ਮੋਗਾ ਤੋਂ ਚਰਨਜੀਤ ਕੌਰ, ਪਰਮਜੀਤ ਕੌਰ, ਸੁਖਜਿੰਦਰ ਕੌਰ, ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਰੰਜੂ ਬਾਲਾ, ਕਿਰਨਦੀਪ ਕੌਰ ਤੇ ਸੰਦੀਪ ਕੌਰ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਜਸਵਿੰਦਰ ਕੌਰ, ਰਣਜੀਤ ਕੌਰ, ਪ੍ਰਵੀਨ ਭਾਰਤੀ, ਇਸੇ ਤਰ੍ਹਾਂ ਵਿਧਾਨ ਸਭਾ ਧਰਮਕੋਟ ਤੋਂ ਬਲਜੀਤ ਕੌਰ (1) ਬਲਜੀਤ ਕੌਰ (2), ਨਵਨੀਤ ਕੌਰ ਸ਼ਾਮਿਲ ਹਨ।

