ਭੋਏਪੁਰ ਤੇ ਅੰਮੀਵਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਾ ਦਿਖਾਈ

voice punjabtime
3 Min Read

 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਧਾਰਮਿਕ ਅਤੇ ਸਮਾਜਿਕ ਵਿਰਸੇ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਭੋਏਪੁਰ ਤੇ ਅੰਮੀਵਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਗੁਰੂਆਂ, ਸੰਤਾਂ ਅਤੇ ਭਗਤਾਂ ਦੀਆਂ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਇਹ ਲੜੀਵਾਰ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਲੋਕਾਂ ਨੂੰ ਆਪਣੇ ਇਤਿਹਾਸ, ਸੱਭਿਆਚਾਰ ਅਤੇ ਆਧਿਆਤਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ।

ਡਾਕੂਮੈਂਟਰੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਫ਼ਰ, ਉਨ੍ਹਾਂ ਦੀ ਅਦੁੱਤੀ ਬਾਣੀ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਸਮਾਜਿਕ ਬਰਾਬਰੀ, ਜਾਤ-ਪਾਤ ਦੇ ਖ਼ਾਤਮੇ, ਆਪਸੀ ਭਾਈਚਾਰੇ, ਸੱਚ, ਮਿਹਨਤ, ਸੇਵਾ ਅਤੇ ਮਨੁੱਖੀ ਏਕਤਾ ਵਰਗੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ ਗਿਆ, ਜਿਨ੍ਹਾਂ ਦੀ ਅੱਜ ਦੇ ਸਮਾਜ ਵਿੱਚ ਵੀ ਬਰਾਬਰ ਅਹਿਮੀਅਤ ਹੈ।

ਪ੍ਰੋਗਰਾਮ ਦੌਰਾਨ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੇ ਉਪਦੇਸ਼ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਡਾਕੂਮੈਂਟਰੀ ਰਾਹੀਂ ਗੁਰੂ ਜੀ ਦੇ ਸਮਾਜ ਸੁਧਾਰਕ ਯੋਗਦਾਨ ਅਤੇ ਇਤਿਹਾਸਕ ਪੱਖਾਂ ਨੂੰ ਵੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ਨੂੰ ਦਰਸ਼ਕਾਂ ਨੇ ਬਹੁਤ ਧਿਆਨ ਨਾਲ ਦੇਖਿਆ।

ਇਸ ਮੌਕੇ ਪਿੰਡ ਦੀਆਂ ਪੰਚਾਇਤਾਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਵੀ ਸ਼ਿਰਕਤ ਕੀਤੀ। ਹਾਜ਼ਰ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਪਿੰਡ ਪੱਧਰ ‘ਤੇ ਨਿਯਮਤ ਤੌਰ ‘ਤੇ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਨਵੀਂ ਪੀੜ੍ਹੀ ਆਪਣੇ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜਿਕ ਯੋਗਦਾਨ ਤੋਂ ਜਾਣੂ ਹੋ ਸਕੇ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਹੋਵੇ।

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਉਪਰਾਲੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ, ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

Share This Article
Leave a comment

Leave a Reply

Your email address will not be published. Required fields are marked *