ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਜਾਰੀ

voice punjabtime
3 Min Read

 

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਲਈ ਨਗਰ ਨਿਗਮ ਮੋਗਾ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ, ਕੂੜਾ ਚੁਕਾਈ ਅਤੇ ਫਾਗਿੰਗ ਦੇ ਵਿਸ਼ੇਸ਼ ਕਾਰਜ ਕਰਵਾਏ ਜਾ ਰਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਨਾਲ ਤਾਲਮੇਲ ਕਰਕੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੇ ਹਰ ਖੇਤਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਅੱਜ ਗਾਂਧੀ ਰੋਡ, ਦੇਸ਼ਮੇਸ਼ ਨਗਰ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ ਹਨ। ਇਸ ਦੌਰਾਨ ਸੜਕਾਂ, ਗਲੀਆਂ, ਜਨਤਕ ਥਾਵਾਂ ਅਤੇ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਕਰਕੇ ਕੂੜੇ ਦੀ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋੜ ਅਨੁਸਾਰ ਫਾਗਿੰਗ ਸਪਰੇਅ ਵੀ ਕਰਵਾਈ ਜਾ ਰਹੀ ਹੈ। ਵੱਡੇ ਕੂੜਾ ਡੰਪਾਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ’ਤੇ ਇਕੱਠੇ ਹੋਏ ਕੂੜੇ ਨੂੰ ਹਟਾ ਕੇ ਇਨ੍ਹਾਂ ਥਾਵਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਸਰਕਾਰੀ ਦਫ਼ਤਰਾਂ ਦੇ ਆਲੇ-ਦੁਆਲੇ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ ਅਤੇ ਕੂੜਾ ਸਿਰਫ਼ ਨਿਰਧਾਰਤ ਥਾਂ ’ਤੇ ਹੀ ਪਾਇਆ ਜਾਵੇ।

ਉਨ੍ਹਾਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ‘ਸਾਫ਼ ਮੋਗਾ-ਸਿਹਤਮੰਦ ਮੋਗਾ’ ਦਾ ਟੀਚਾ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਸਫ਼ਾਈ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਸਫ਼ਾਈ ਸਬੰਧੀ ਲੋੜ ਮਹਿਸੂਸ ਹੁੰਦੀ ਹੈ, ਉੱਥੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ।

Share This Article
Leave a comment

Leave a Reply

Your email address will not be published. Required fields are marked *